Site icon Dainik Savera Times | Hindi News Portal

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਹੰਗਾਮਾ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੀ ਹੰਗਾਮੇ ਨਾਲ ਸ਼ੁਰੂ ਹੋਇਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਈ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਸਰਕਾਰ ਦੇ ਪ੍ਰਸਤਾਵਿਤ ਕੰਮਾਂ ਬਾਰੇ ਜਾਣਕਾਰੀ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਹੰਗਾਮਾ ਸ਼ੁਰੂ ਕਰ ਦਿੱਤਾ।

ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਿਧਾਇਕ ਵਾਕਆਊਟ ਕਰਕੇ ਸਦਨ ਤੋਂ ਚਲੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੇ ਸਾਰੇ 92 ਵਿਧਾਇਕ ਵਿਧਾਨ ਸਭਾ ‘ਚ ਮੌਜੂਦ ਰਹੇ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੱਕ ਚੱਲੇਗਾ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦਾ ਇਹ ਦੂਜੇ ਬਜਟ ਹੈ। ਕਰੀਬ 7 ਮਹੀਨੇ ਪਹਿਲਾਂ ‘ਆਪ’ ਸਰਕਾਰ ਨੇ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਉਸ ਸਮੇਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਸੀ, ਜੋ ਸਾਲ 2021-22 ਦੇ ਮੁਕਾਬਲੇ 14 ਫੀਸਦੀ ਵੱਧ ਹੈ। ਹਾਲਾਂਕਿ ‘ਆਪ’ ਸਰਕਾਰ ਵੱਲੋਂ ਉਸ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕੁਝ ਵਾਅਦਿਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ।

ਇਹ ਵੀ ਅਹਿਮ ਹੈ ਕਿ ਇਸ ਵਾਰ ਬਜਟ ਸੈਸ਼ਨ ਹੰਗਾਮਾਖੇਜ਼ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਐਤਕੀਂ ਇਜਲਾਸ ਮੁੱਖ ਮੰਤਰੀ ਤੇ ਰਾਜਪਾਲ ਦੇ ਸਬੰਧਾਂ ’ਚ ਬਣੀ ਸਿਆਸੀ ਖਟਾਸ ਦਰਮਿਆਨ ਹੋ ਰਿਹਾ ਹੈ। ਇਸ ਵਾਰ ਪੰਜਾਬ ਸਰਕਾਰ ਨੂੰ ਬਜਟ ਸੈਸ਼ਨ ਬੁਲਾਏ ਜਾਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪਿਆ। ਇਹ ਵੱਖਰੀ ਗੱਲ ਹੈ ਕਿ ਰਾਜਪਾਲ ਨੇ ਆਪਣੇ ਪਹਿਲੇ ਸਟੈਂਡ ਤੋਂ ਮੋੜਾ ਕੱਟਦਿਆਂ 28 ਫਰਵਰੀ ਨੂੰ ਬਜਟ ਇਜਲਾਸ ਸੱਦੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ।

ਦੱਸ ਦਈਏ ਕਿ ਐਤਕੀਂ ਜੀ-20 ਸੰਮੇਲਨ ਦੇ ਸਮਾਗਮਾਂ ਕਰਕੇ ਬਜਟ ਸੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਪਹਿਲੇ ਪੜਾਅ ’ਚ 3 ਮਾਰਚ ਤੋਂ 11 ਮਾਰਚ ਤੱਕ ਸੈਸ਼ਨ ਚੱਲੇਗਾ ਤੇ ਮੁੜ 22 ਮਾਰਚ ਨੂੰ ਸਦਨ ਜੁੜੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 2023-24 ਵਰ੍ਹੇ ਦਾ ਬਜਟ 10 ਮਾਰਚ ਨੂੰ ਪੇਸ਼ ਕਰਨਗੇ।

Exit mobile version